ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
dhanaasaree mahalaa pehilaa ghar doojaa asaTapadheeaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਗੁਰੁ ਸਾਗਰੁ ਰਤਨੀ ਭਰਪੂਰੇ ॥
gur saagar ratanee bharapoore ||
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ ।
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
a(n)mrit sa(n)t chugeh nahee dhoore ||
ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ ।
ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
har ras chog chugeh prabh bhaavai ||
ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ ।
ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
saravar meh ha(n)s praanapat paavai ||1||
(ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧।
ਕਿਆ ਬਗੁ ਬਪੁੜਾ ਛਪੜੀ ਨਾਇ ॥
kiaa bag bapuRaa chhapaRee nai ||
ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ?
ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
keechaR ddoobai mail na jai ||1|| rahaau ||
ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ । ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਰਖਿ ਰਖਿ ਚਰਨ ਧਰੇ ਵੀਚਾਰੀ ॥
rakh rakh charan dhare veechaaree ||
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ ।
ਦੁਬਿਧਾ ਛੋਡਿ ਭਏ ਨਿਰੰਕਾਰੀ ॥
dhubidhaa chhodd bhe nira(n)kaaree ||
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ ।
ਮੁਕਤਿ ਪਦਾਰਥੁ ਹਰਿ ਰਸ ਚਾਖੇ ॥
mukat padhaarath har ras chaakhe ||
ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ ।
ਆਵਣ ਜਾਣ ਰਹੇ ਗੁਰਿ ਰਾਖੇ ॥੨॥
aavan jaan rahe gur raakhe ||2||
ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨।
ਸਰਵਰ ਹੰਸਾ ਛੋਡਿ ਨ ਜਾਇ ॥
saravar ha(n)saa chhodd na jai ||
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ
ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
prem bhagat kar sahaj samai ||
(ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ ।
ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
saravar meh ha(n)s ha(n)s meh saagar ||
ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ)
ਅਕਥ ਕਥਾ ਗੁਰ ਬਚਨੀ ਆਦਰੁ ॥੩॥
akath kathaa gur bachanee aadhar ||3||
ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ । ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ।੩।
ਸੁੰਨ ਮੰਡਲ ਇਕੁ ਜੋਗੀ ਬੈਸੇ ॥
su(n)n ma(n)ddal ik jogee baise ||
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ,
ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
naar na purakh kahahu kouoo kaise ||
ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) ।
ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
tirabhavan jot rahe liv laiee ||
ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।
ਸੁਰਿ ਨਰ ਨਾਥ ਸਚੇ ਸਰਣਾਈ ॥੪॥
sur nar naath sache saranaiee ||4||
ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪।
ਆਨੰਦ ਮੂਲੁ ਅਨਾਥ ਅਧਾਰੀ ॥
aana(n)dh mool anaath adhaaree ||
ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ ।
ਗੁਰਮੁਖਿ ਭਗਤਿ ਸਹਜਿ ਬੀਚਾਰੀ ॥
gurmukh bhagat sahaj beechaaree ||
ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ ।
ਭਗਤਿ ਵਛਲ ਭੈ ਕਾਟਣਹਾਰੇ ॥
bhagat vachhal bhai kaaTanahaare ||
ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ ।
ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
haumai maar mile pag dhaare ||5||
ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ ।੫।
ਅਨਿਕ ਜਤਨ ਕਰਿ ਕਾਲੁ ਸੰਤਾਏ ॥
anik jatan kar kaal sa(n)taae ||
ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ,
ਮਰਣੁ ਲਿਖਾਇ ਮੰਡਲ ਮਹਿ ਆਏ ॥
maran likhai ma(n)ddal meh aae ||
ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ
ਜਨਮੁ ਪਦਾਰਥੁ ਦੁਬਿਧਾ ਖੋਵੈ ॥
janam padhaarath dhubidhaa khovai ||
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ;
ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥
aap na cheenas bhram bhram rovai ||6||
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ;
ਕਹਤਉ ਪੜਤਉ ਸੁਣਤਉ ਏਕ ॥
kahatau paRatau sunatau ek ||
ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ।
ਧੀਰਜ ਧਰਮੁ ਧਰਣੀਧਰ ਟੇਕ ॥
dheeraj dharam dharaneedhar Tek ||
ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜਤੁ ਸਤੁ ਸੰਜਮੁ ਰਿਦੈ ਸਮਾਏ ॥
jat sat sa(n)jam ridhai samaae ||
ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।
ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥
chauthe padh kau je man pateeaae ||7||
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ।
ਸਾਚੇ ਨਿਰਮਲ ਮੈਲੁ ਨ ਲਾਗੈ ॥
saache niramal mail na laagai ||
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ ।
ਗੁਰ ਕੈ ਸਬਦਿ ਭਰਮ ਭਉ ਭਾਗੈ ॥
gur kai sabadh bharam bhau bhaagai ||
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ ।
ਸੂਰਤਿ ਮੂਰਤਿ ਆਦਿ ਅਨੂਪੁ ॥
soorat moorat aadh anoop ||
ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।
ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
naanak jaachai saach saroop ||8||1||
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ।