ਅੱਜ ਦਾ ਹੁਕਮਨਾਮਾ

ਹਰ ਸਵੇਰ ਸ੍ਰੀ ਦਰਬਾਰ ਸਾਹਿਬ (ਸ੍ਰੀ ਹਰਿਮੰਦਰ ਸਾਹਿਬ), ਸ੍ਰੀ ਅੰਮ੍ਰਿਤਸਰ ਵਿਖੇ ਹੁਕਮਨਾਮਾ — ਦਿਨ ਲਈ ਗੁਰੂ ਜੀ ਦਾ ਹੁਕਮ — ਲਿਆ ਜਾਂਦਾ ਹੈ। ਇਹ ਰਿਹਾ, ਅਰਥਾਂ ਸਹਿਤ।

ਇੱਕ ਨਜ਼ਰ ਵਿੱਚ

ਹਰ ਸਵੇਰਸ੍ਰੀ ਦਰਬਾਰ ਸਾਹਿਬ ਵਿਖੇ ਨਵਾਂ ਹੁਕਮਨਾਮਾ ਲਿਆ ਜਾਂਦਾ ਹੈ
ਹੁਕਮਦਿਨ ਲਈ ਗੁਰੂ ਜੀ ਦਾ ਹੁਕਮ ਜਾਂ ਸੇਧ
ਰਹਾਉ“ਠਹਿਰਾਉ” ਵਾਲੀ ਤੁਕ: ਸ਼ਬਦ ਦਾ ਕੇਂਦਰੀ ਭਾਵ
3 ਭਾਸ਼ਾਵਾਂਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਅਰਥ

ਸ੍ਰੀ ਦਰਬਾਰ ਸਾਹਿਬ (ਸ੍ਰੀ ਹਰਿਮੰਦਰ ਸਾਹਿਬ), ਸ੍ਰੀ ਅੰਮ੍ਰਿਤਸਰ

17 ਅਕਤੂਬਰ 2026

ਅੰਗ 725 · ਰਾਗੁ ਤਿਲੰਗ · Guru Raam Daas Ji
ਅਰਥ:

ਤਿਲੰਗ ਮਹਲਾ ੪ ॥

tila(n)g mahalaa chauthhaa ||

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥

har keeaa kathaa kahaaneeaa gur meet sunaieeaa ||

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ।

ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥

balihaaree gur aapane gur kau bal jaieeaa ||1||

ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧।

ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥

aai mil gursikh aai mil too mere guroo ke piaare || rahaau ||

ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ।

ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥

har ke gun har bhaavadhe se guroo te paae ||

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ ।

ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

jin gur kaa bhaanaa ma(n)niaa tin ghum ghum jaae ||2||

ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।੨।

ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥

jin satigur piaaraa dhekhiaa tin kau hau vaaree ||

ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਸਦਾ ਸਦਕੇ ਜਾਂਦਾ ਹਾਂ,

ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥

jin gur kee keetee chaakaree tin sadh balihaaree ||3||

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।੩।

ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥

har har teraa naam hai dhukh meTanahaaraa ||

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ,

ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥

gur sevaa te paieeaai gurmukh nisataaraa ||4||

ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੪।

ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥

jo har naam dhiaaidhe te jan paravaanaa ||

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ ।

ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥

tin viTahu naanak vaariaa sadhaa sadhaa kurabaanaa ||5||

ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।੫।

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥

saa har teree usatat hai jo har prabh bhaavai ||

ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ ।

ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥

jo gurmukh piaaraa sevadhe tin har fal paavai ||6||

ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।੬।

ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥

jinaa har setee pirahaRee tinaa jeea prabh naale ||

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ ।

ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥

oi jap jap piaaraa jeevadhe har naam samaale ||7||

ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।੭।

ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥

jin gurmukh piaaraa seviaa tin kau ghum jaiaa ||

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ ।

ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥

oi aap chhuTe paravaar siau sabh jagat chhaddaiaa ||8||

ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।੮।

ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥

gur piaarai har seviaa gur dha(n)n gur dha(n)no ||

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ ।

ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥

gur har maarag dhasiaa gur pu(n)n vadd pu(n)no ||9||

ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।੯।

ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥

jo gursikh gur sevadhe se pu(n)n paraanee ||

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ ।

ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥

jan naanak tin kau vaariaa sadhaa sadhaa kurabaanee ||10||

ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।੧੦।

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥

gurmukh sakhee saheleeaa se aap har bhaieeaa ||

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ ।

ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥

har dharageh painaieeaa har aap gal laieeaa ||11||

ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।੧੧।

ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥

jo gurmukh naam dhiaaidhe tin dharasan dheejai ||

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ ।

ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥

ham tin ke charan pakhaaladhe dhooR ghol ghol peejai ||12||

ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।੧੨।

ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥

paan supaaree khaateeaa mukh beeReeaa laieeaa ||

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ ।

ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥

har har kadhe na chetio jam pakaR chalaieeaa ||13||

ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩।

ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥

jin har naamaa har chetiaa hiradhai ur dhaare || tin jam neR na aaviee gursikh gur piaare ||14||

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।੧੪।

ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥

har kaa naam nidhaan hai koiee gurmukh jaanai ||

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ ।

ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥

naanak jin satigur bheTiaa ra(n)g raleeaa maanai ||15||

ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।੧੫।

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥

satigur dhaataa aakheeaai tus kare pasaao ||

ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੱੁ੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ ।

ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥

hau gur viTahu sadh vaariaa jin dhitaRaa naao ||16||

ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।੧੬।

ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥

so dha(n)n guroo saabaas hai har dhei sanehaa ||

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ ।

ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥

hau vekh vekh guroo vigasiaa gur satigur dhehaa ||17||

ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।੧੭।

ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥

gur rasanaa a(n)mrit boladhee har naam suhaavee ||

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ ।

ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥

jin sun sikhaa gur ma(n)niaa tinaa bhukh sabh jaavee ||18||

ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।੧੮।

ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥

har kaa maarag aakheeaai kahu kit bidh jaieeaai ||

ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ?

ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥

har har teraa naam hai har kharach lai jaieeaai ||19||

ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।੧੯।

ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥

jin gurmukh har aaraadhiaa se saeh vadd dhaane ||

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ ।

ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥

hau satigur kau sadh vaariaa gur bachan samaane ||20||

ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।੨੦।

ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥

too Thaakur too saahibo toohai meraa meeraa ||

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ ।

ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥

tudh bhaavai teree ba(n)dhagee too gunee gaheeraa ||21||

ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੰੂਘੇ ਜਿਗਰੇ ਵਾਲਾ ਹੈਂ ।੨੧।

ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥

aape har ik ra(n)g hai aape bahu ra(n)gee ||

ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ ।

ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥

jo tis bhaavai naanakaa saiee gal cha(n)gee ||22||2||

ਹੇ ਨਾਨਕ! ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।੨੨।੨।

ਹੁਕਮਨਾਮਾ, ਲਿਪੀਅੰਤਰ ਅਤੇ ਅਰਥ BaniDB ਤੋਂ। ਅੰਗਰੇਜ਼ੀ ਅਰਥ: ਸੰਤ ਸਿੰਘ ਖ਼ਾਲਸਾ। ਪੰਜਾਬੀ ਅਤੇ ਹਿੰਦੀ ਅਰਥ: ਪ੍ਰੋ. ਸਾਹਿਬ ਸਿੰਘ। ਗੁਰਬਾਣੀ ਉੱਚੀ ਪੜ੍ਹਦੇ ਸਮੇਂ ਕਿਰਪਾ ਕਰਕੇ ਸਿਰ ਢੱਕੋ।

❓ ਲੋਕ ਪੁੱਛਦੇ ਹਨ

ਹੁਕਮਨਾਮਾ ਕੀ ਹੁੰਦਾ ਹੈ?

ਹੁਕਮਨਾਮਾ (ਜਿਸ ਨੂੰ ਵਾਕ ਜਾਂ ਮੁੱਖਵਾਕ ਵੀ ਕਹਿੰਦੇ ਹਨ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਪੜ੍ਹਿਆ ਗਿਆ ਸ਼ਬਦ ਹੈ, ਜਿਸ ਨੂੰ ਦਿਨ ਲਈ ਗੁਰੂ ਜੀ ਦਾ ਹੁਕਮ ਜਾਂ ਸੇਧ ਮੰਨਿਆ ਜਾਂਦਾ ਹੈ।

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ

ਇਸ ਪੰਨੇ ’ਤੇ ਸ੍ਰੀ ਦਰਬਾਰ ਸਾਹਿਬ (ਸ੍ਰੀ ਹਰਿਮੰਦਰ ਸਾਹਿਬ), ਸ੍ਰੀ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ ਲਿਪੀਅੰਤਰ ਅਤੇ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਅਰਥਾਂ ਸਹਿਤ ਦਿੱਤਾ ਗਿਆ ਹੈ। ਇਹ ਹਰ ਸਵੇਰ ਨਵਾਂ ਹੁੰਦਾ ਹੈ।

ਸ੍ਰੀ ਦਰਬਾਰ ਸਾਹਿਬ ਵਿਖੇ ਹੁਕਮਨਾਮਾ ਕਦੋਂ ਲਿਆ ਜਾਂਦਾ ਹੈ?

ਇਹ ਹਰ ਰੋਜ਼ ਤੜਕੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਤੋਂ ਬਾਅਦ ਲਿਆ ਜਾਂਦਾ ਹੈ, ਅਤੇ ਫਿਰ ਦੁਨੀਆ ਭਰ ਦੀ ਸੰਗਤ ਨਾਲ ਸਾਂਝਾ ਕੀਤਾ ਜਾਂਦਾ ਹੈ।

ਹੁਕਮਨਾਮਾ ਕਿਵੇਂ ਲਿਆ ਜਾਂਦਾ ਹੈ?

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਨਾਲ ਖੋਲ੍ਹਿਆ ਜਾਂਦਾ ਹੈ, ਅਤੇ ਖੱਬੇ ਪਾਸੇ ਵਾਲੇ ਅੰਗ ਦੇ ਸਿਖਰ ’ਤੇ ਦਿੱਤਾ ਸ਼ਬਦ ਪੜ੍ਹਿਆ ਜਾਂਦਾ ਹੈ। ਜੇ ਉਹ ਸ਼ਬਦ ਪਿਛਲੇ ਅੰਗ ਤੋਂ ਸ਼ੁਰੂ ਹੋਇਆ ਹੋਵੇ, ਤਾਂ ਪਾਠ ਉਸ ਦੇ ਸ਼ੁਰੂ ਤੋਂ ਕੀਤਾ ਜਾਂਦਾ ਹੈ।

ਰਹਾਉ ਦਾ ਕੀ ਅਰਥ ਹੈ?

ਰਹਾਉ ਦਾ ਅਰਥ ਹੈ “ਠਹਿਰੋ”। ਰਹਾਉ ਵਾਲੀ ਤੁਕ ਵਿੱਚ ਸ਼ਬਦ ਦਾ ਕੇਂਦਰੀ ਸੁਨੇਹਾ ਹੁੰਦਾ ਹੈ, ਇਸ ਲਈ ਬਹੁਤ ਲੋਕ ਪਹਿਲਾਂ ਇਸੇ ’ਤੇ ਵਿਚਾਰ ਕਰਦੇ ਹਨ।

ਕੀ ਮੈਂ ਘਰ ਵਿੱਚ ਹੁਕਮਨਾਮਾ ਪੜ੍ਹ ਸਕਦਾ ਹਾਂ?

ਹਾਂ। ਬਹੁਤ ਸਾਰੇ ਸਿੱਖ ਸਵੇਰੇ ਘਰ ਵਿੱਚ ਸਿਰ ਢੱਕ ਕੇ ਅਤੇ ਸਤਿਕਾਰ ਨਾਲ ਬੈਠ ਕੇ ਰੋਜ਼ ਦਾ ਹੁਕਮਨਾਮਾ ਪੜ੍ਹਦੇ ਜਾਂ ਸੁਣਦੇ ਹਨ।

ਕੀ ਮੈਂ ਪਿਛਲੇ ਦਿਨ ਦਾ ਹੁਕਮਨਾਮਾ ਵੇਖ ਸਕਦਾ ਹਾਂ?

ਹਾਂ। “ਪਿਛਲਾ ਦਿਨ” ਬਟਨ ਨਾਲ ਇੱਕ-ਇੱਕ ਦਿਨ ਪਿੱਛੇ ਜਾਓ।

ਅੱਜ ਦਾ ਹੁਕਮਨਾਮਾ ਪੰਜਾਬੀ ਅਰਥਾਂ ਸਹਿਤ ਕਿੱਥੇ ਪੜ੍ਹਾਂ?

ਇਸੇ ਪੰਨੇ ’ਤੇ। “ਅਰਥ” ਹੇਠਾਂ ਪੰਜਾਬੀ ਚੁਣੋ ਅਤੇ ਅੱਜ ਦਾ ਹੁਕਮਨਾਮਾ ਪ੍ਰੋ. ਸਾਹਿਬ ਸਿੰਘ ਜੀ ਦੇ ਪੰਜਾਬੀ ਅਰਥਾਂ ਸਹਿਤ ਪੜ੍ਹੋ। ਹਿੰਦੀ ਜਾਂ ਅੰਗਰੇਜ਼ੀ ਅਰਥ ਵੀ ਉੱਥੇ ਹੀ ਮਿਲਦੇ ਹਨ।

🧭 ਹੋਰ ਪੜ੍ਹੋ